ਵਿਕਾਸ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰੇਗਾ : ਬਾਦਲ


Parkash Singh Badal

ਚੰਡੀਗੜ੍ਹ, 5 ਫਰਵਰੀ (ਏਜੰਸੀ) : ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ, ਸਨਅਤ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਹਿਰੀ ਹਵਾਬਾਜ਼ੀ, ਪੇਂਡੂ ਅਤੇ ਸ਼ਹਿਰੀ ਵਿਕਾਸ ਦੇ ਖੇਤਰਾਂ ਵਿੱਚ ਹੋਈ ਬੇਮਿਸਾਲ ਤਰੱਕੀ ਅਤੇ ਵਿਕਾਸ ਸਦਕਾ ਪੰਜਾਬ ਰਾਜ ਦੇਸ਼ ਦਾ ਇੱਕ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਪੰਜਾਬ ਨੇ ਅੱਜ ਇਹ ਪ੍ਰਗਟਾਵਾ ਬਾਲਾ ਰਿਜ਼ੋਰਟ ਰੂਪਨਗਰ ਵਿਖੇ ਸੰਗਤ ਦਰਸ਼ਨ ਦੌਰਾਨ ਕੀਤਾ। ਅੱਜ ਇਸ ਸੰਗਤ ਦਰਸ਼ਨ ਦੌਰਾਨ ਉਨ੍ਹਾਂ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਹਲਕੇ ਦੀਆਂ 55 ਪਿੰਡਾਂ ਦੀਆਂ ਪੰਚਾਇਤਾਂ ਨੂੰ ਲੱਗਭਗ 4 ਕਰੋੜ 07 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡੀਆਂ ਜਿਨ੍ਹਾਂ ਵਿੱਚ ਪਿੰਡਾਂ ਦੀਆਂ ਗਲੀਆਂ-ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਲਈ 3 ਕਰੋੜ 80 ਲੱਖ 25 ਹਜਾਰ ਰੁਪਏ, ਪੇਂਡੂ ਪਖਾਨਿਆਂ ਲਈ 19 ਲੱਖ ਰੁਪਏ ਜਦਕਿ ਸਕੂਲਾਂ ਵਿੱਚ ਬੁਨਿਆਦੀ ਢਾਚੇ ਲਈ 7.75 ਲੱਖ ਰੁਪਏ ਦੀਆਂ ਗਰਾਂਟਾਂ ਸ਼ਾਮਲ ਹਨ।

ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਾਲ 2011 ਨੂੰ ਵਿਕਾਸ ਦੇ ਵਰ੍ਹੇ ਵਜੋਂ ਐਲਾਨਿਆਂ ਹੈ ਤਾਂ ਜੋ ਅਕਾਲੀ-ਭਾਜਪਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਉਮੰਗਾਂ ਅਤੇ ਇੱਛਾਵਾਂ ਦੀ ਪੂਰਤੀ ਲਈ ਵਿਕਾਸ ਪ੍ਰੋਜੈਕਟ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਦੇ ਹੋਏ ਰਾਜ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਸਮੇਤ ਸਮੂਹ ਖੇਤਰਾਂ ਦਾ ਉਚੇਚਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕੋਈ ਵਿੱਤੀ ਸੰਕਟ ਨਹੀਂ ਹੈ ਅਤੇ ਪੰਜਾਬ ਦੀ ਮਾਲੀ ਹਾਲਤ ਬਹੁਤ ਵਧੀਆ ਹੈ ਇਸੇ ਕਰਕੇ ਉਨ੍ਹਾਂ ਵੱਲੋਂ ਸੰਗਤ ਦਰਸ਼ਨਾਂ ਦੌਰਾਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ। ਰਾਜ ਦੀ ਮਾਲੀ ਹਾਲਤ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਸਿਆਸੀ ਹਿਤਾਂ ਤੋਂ ਪ੍ਰੇਰਿਤ ਅਤੇ ਸਸਤੀ ਸ਼ੋਹਰਤ ਹਾਸਿਲ ਕਰਨ ਲਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਬਿਹਤਰ ਆਰਥਿਕ ਨੀਤੀਆਂ ਅਤੇ ਠੋਸ ਵਿੱਤੀ ਪ੍ਰਬੰਧਾਂ ਸਦਕਾ ਚਾਲੂ ਵਿੱਤੀ ਸਾਲ ਦੌਰਾਨ ਵੈਟ ਮਾਲੀਏ ਵਿੱਚ ਕਰੀਬ ਸੌ ਫੀਸਦੀ ਇਜ਼ਾਫਾ ਕਰਦਿਆਂ ਇਸ ਨੂੰ 5136 ਕਰੋੜ ਰੁਪਏ ਤੋਂ ਵਧਾ ਕੇ 10500 ਕਰੋੜ ਰੁਪਏ ਤੇ ਲਿਆਂਦਾ ਹੈ ਅਤੇ ਉਮੀਦ ਹੈ ਕਿ ਮਾਰਚ-2012 ਤੱਕ ਮਾਲੀਆ ਪ੍ਰਾਪਤੀ ਦੀ ਇਹ ਦਰ 14 ਹਜਾਰ ਕਰੋੜ ਰੁਪਏ ਨੂੰ ਪਾਰ ਕਰ ਜਾਵੇਗੀ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ ਵੀ 75 ਫੀਸਦੀ ਦਾ ਵਾਧਾ ਕਰਦਿਆਂ ਸਾਲ 2010-11 ਦੌਰਾਨ ਇਸ ਨੂੰ 1548 ਕਰੋੜ ਰੁਪਏ ਤੋਂ ਵਧਾ ਕੇ 2500 ਕਰੋੜ ਰੁਪਏ ਤੇ ਲਿਆਂਦਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਲਦੀ ਹੀ ਲੋਕਾਂ ਨਾਲ ਗੱਲਬਾਤ ਕਰਕੇ ਰੂਪਨਗਰ ਵਿਖੇ ਕਮਿਸ਼ਨਰ ਨਿਯੁਕਤ ਕਰ ਦਿਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਵਿੱਤਰ ਨਗਰ ਸ਼੍ਰੀ ਚਮਕੌਰ ਸਾਹਿਬ ਵਿੱਚ ਸੌ ਫੀਸਦੀ ਪਾਣੀ ਅਤੇ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਅਕਾਲੀ-ਭਾਜਪਾ ਸਰਕਾਰ ਬਣੀ ਉਦੋਂ ਹੀ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰ ‘ਤੇ ਜਾ ਕੇ ਹੱਲ ਕਰਨ ਲਈ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਹਨ ਕਿਉਂਕਿ ਅਜਿਹੇ ਸੰਗਤ ਦਰਸ਼ਨਾਂ ਦੌਰਾਨ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਮੌਕੇ ‘ਤੇ ਹੀ ਹੱਲ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸੰਗਤ ਦਰਸ਼ਨ ਰਾਜ ਦੇ ਹਰ ਸ਼ਹਿਰ ਅਤੇ ਹਰ ਪਿੰਡ ਵਿੱਚ ਕਰਨਗੇ ਤਾਂ ਜੋ ਪੰਜਾਬ ਵਾਸੀਆਂ ਦੀ ਕੋਈ ਸਮੱਸਿਆ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਹੀ ਇੱਕ ਅਜਿਹਾ ਰਾਜ ਹੈ ਜਿੱਥੇ ਸੰਗਤ ਦਰਸਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਉਥੇ ਸੰਬਧਿਤ ਪਿੰਡ ਦੀ ਪੰਚਾਇਤ ਦੀ ਮੰਗ ਅਨੁਸਾਰ ਲੋੜੀਂਦੀਆਂ ਗਰਾਂਟਾਂ ਵੀ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਨੂੰ ਜਿਸ ਮਕਸਦ ਲਈ ਵੀ ਫੰਡ ਵੰਡੇ ਗਏ ਹਨ ਉਹ ਉਨ੍ਹਾਂ ਦਾ ਠੀਕ ਅਤੇ ਪਾਰਦਰਸ਼ੀ ਢੰਗ ਨਾਲ ਇਸਤੇਮਾਲ ਕਰਨ ਅਤੇ ਕੰਮ ਮੁਕੰਮਲ ਕਰਕੇ ਸਹੀ ਸਮੇਂ ‘ਤੇ ਵਰਤੋਂ ਸਰਟੀਫਿਕੇਟ ਵਿਭਾਗਾਂ ਨੂੰ ਦੇ ਦੇਣ। ਉਨ੍ਹਾਂ ਕਿਹਾ ਕਿ ਮੌਜੂਦਾ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਜਿਨਾਂ ਪਿਛਲੇ ਚਾਰ ਸਾਲਾਂ ਦੌਰਾਨ ਵਿਕਾਸ ਕੀਤਾ ਗਿਆ ਹੈ ਉਨਾਂ ਕਾਂਗਰਸ ਆਪਣੇ 30 ਸਾਲਾਂ ਦੇ ਰਾਜ ਵਿੱਚ ਵੀ ਨਹੀਂ ਕਰ ਸਕੀ।

ਇਸ ਸੰਗਤ ਦਰਸ਼ਨ ਦੌਰਾਨ ਪਿੰਡ ਸਿੰਘ ਦੀ ਪੰਚਾਇਤ ਦੀ ਮੰਗ ਅਨੁਸਾਰ ਪਿੰਡ ਵਿੱਚ ਬੰਦ ਪਿਆ ਪ੍ਰਾਈਮਰੀ ਸਕੂਲ ਨੂੰ ਚਾਲੂ ਕਰਨ ਦੇ ਆਦੇਸ਼ ਦਿੱਤੇ, ਪਿੰਡ ਗੋਸਲਾਂ ਦੀ ਪੰਚਾਇਤ ਦੀ ਮੰਗ ‘ਤੇ ਪਿੰਡ ਵਿੱਚ ਚੱਲ ਰਿਹਾ ਲੜਕੀਆਂ ਦਾ ਹਾਈ ਸਕੂਲ ਅੱਪਗ੍ਰੇਡ ਕਰਕੇ ਸਹਿ-ਸਿੱਖਿਆ ਕਰਨ ਦਾ ਆਦੇਸ਼ ਦਿੱਤਾ। ਉਨ੍ਹਾਂ ਇਸ ਮੌਕੇ ਇਹ ਵੀ ਆਦੇਸ਼ ਦਿਤੇ ਕਿ ਜ਼ਿਲ੍ਹੇ ਵਿੱਚ ਜਿਹੜੇ ਸਕੂਲਾਂ ਵਿੱਚ ਕਮਰਿਆਂ ਦੀ ਘਾਟ ਹੈ ਉਸ ਦੀ ਮੰਗ ਸਰਕਾਰ ਨੂੰ ਭੇਜੀ ਜਾਵੇ।ਇਸ ਮੌਕੇ ਉਨ੍ਹਾਂ ਪੰਚਾਇਤ ਦੀ ਮੰਗ ਅਨੁਸਾਰ ਅਧਰੇੜਾ ਪਿੰਡ ਦੇ ਨਾਲ ਲਗਦੀ ਸੀਸਵਾਂ ਨਦੀ ਤੇ ਪੁੱਲ ਦਾ ਐਸਟੀਮੇਟ ਬਣਾਉਣ ਦੇ ਹੁਕਮ ਵੀ ਦਿੱਤੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਚਮਕੌਰ ਸਾਹਿਬ ਵਿਖੇ ਉਸਾਰੀ ਅਧੀਨ ਥੀਮ ਪਾਰਕ ਨੂੰ ਵੀ ਜਲਦ ਹੀ ਮੁਕੰਮਲ ਕਰਨ ਦੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਇਸ ਮੌਕੇ ਬਿਜਲੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਦੌਰਾ ਕਰਕੇ ਉਥੇ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਟਿਊਬਵੈਲਾਂ ਨੂੰ ਬਿਜਲੀ ਦੇ ਕੁਨੈਕਸ਼ਨ ਪਹਿਲ ਦੇ ਅਧਾਰ ‘ਤੇ ਦੇਣੇ ਯਕੀਨੀ ਬਣਾਉਣ ਅਤੇ ਇਸ ਸਬੰਧੀ ਉਨ੍ਹਾਂ ਨੂੰ ਰਿਪੋਰਟ ਕੀਤੀ ਜਾਵੇ।


Like it? Share with your friends!

0

ਵਿਕਾਸ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰੇਗਾ : ਬਾਦਲ