ਰਾਸ਼ਟਰਪਤੀ ਰਾਜ ਦੀ ਪੰਜਾਬ 'ਚ ਨਹੀਂ, ਦਿੱਲੀ 'ਚ ਲੋੜ : ਮਜੀਠੀਆ


ਮਾਨਸਾ, 17 ਮਈ (ਏਜੰਸੀ) : ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ‘ਤੇ ਪ੍ਰਤੀਕਰਮ ਕਰਦਿਆਂ ਕਾਂਗਰਸੀ ਆਗੂਆਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਹ ਸੂਬੇ ਤੇ ਦੇਸ਼ ਦੇ ਹਿੱਤ ਵਿੱਚ ਹਨ ਤਾਂ ਪਹਿਲਾਂ ਦਿੱਲੀ ਵਿਖੇ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦੇਣਗੀਆਂ ਕਿਉਂਕਿ ਜਿੱਥੇ ਦਿੱਲੀ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਗੜਬੜਾ ਗਈ ਹੈ, ਉਥੇ ਨਿੱਤ ਰੋਜ਼ ਬਲਾਤਕਾਰ, ਅਗਵਾ ਅਤੇ ਕਤਲਾਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਜ਼ਿਲ੍ਹੇ ਦੇ ਕਸਬਾ ਬੋਹਾ ਤੇ ਜੋਗਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਕਾਨਫਰੰਸਾਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ੍ਰ. ਮਜੀਠੀਆ ਨੇ ਕਿਹਾ ਕਿ ਜੇਕਰ ਦਿੱਲੀ ‘ਚ ਰਾਸ਼ਟਰਪਤੀ ਰਾਜ ਲਾਗੂ ਹੋ ਜਾਂਦਾ ਹੈ ਤਾਂ ਸੀ.ਬੀ.ਆਈ. ਸਮੇਤ ਸਾਰੀਆਂ ਏਜੰਸੀਆਂ ਨੂੰ ਸੁਤੰਤਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀ.ਬੀ.ਆਈ. ਕੇਂਦਰ ਸਰਕਾਰ ਦੀ ਕਠਪੁਤਲੀ ਹੈ ਅਤੇ ਉਸ ਦੇ ਕਾਰਜ ਸਬੰਧੀ ਪਹਿਲਾਂ ਹੀ ਮਾਨਯੋਗ ਸੁਪਰੀਮ ਕੋਰਟ ਨੇ ਉਸ ਨੂੰ ਪਿੰਜਰੇ ‘ਚ ਬੰਦ ਤੋਤਾ ਕਿਹਾ ਹੈ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਸੀ.ਬੀ.ਆਈ ਉਤੇ ਦਬਾਅ ਕਾਰਨ ਹੀ 29 ਵਰ੍ਹੇ ਪਹਿਲਾਂ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ। ਉਨ੍ਹਾਂ ਕੇਂਦਰ ਸਰਕਾਰ ਨੂੰ ਘੁਟਾਲਿਆਂ ਦੀ ਸਰਕਾਰ ਐਲਾਨਦਿਆਂ ਕਿਹਾ ਕਿ ਹਰ ਮਹੀਨੇ ਨਵੇਂ ਘੁਟਾਲੇ ਸਾਹਮਣੇ ਆ ਰਹੇ ਹਨ ਅਤੇ ਇਸ ਦੇ ਵਜ਼ੀਰ ਘੁਟਾਲਿਆਂ ਦੇ ਭਾਰ ਨਾਲ ਮੁੱਧੇ ਮੂੰਹ ਡਿੱਗ ਰਹੇ ਹਨ।

ਪੀ.ਪੀ.ਪੀ. ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਵੱਲੋਂ ਉਨ੍ਹਾਂ ਦੀ ਜਾਨ ਦੇ ਖ਼ਤਰੇ ਦੇ ਸਵਾਲ ਦੇ ਜੁਆਬ ਵਿੱਚ ਸ੍ਰ. ਮਜੀਠੀਆ ਨੇ ਕਿਹਾ ਕਿ ਦਰਅਸਲ ਮਨਪ੍ਰੀਤ ਸਿਆਸੀ ਸ਼ੋਹਰਤ ਲਈ ਸੁਆਦ ਵਾਲੇ ਬਿਆਨ ਦਾਗ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ‘ਚ ਵਾਪਰੀ ਘਟਨਾ ਨਾਲ ਕਿਸੇ ਵੀ ਸਿਆਸੀ ਧਿਰ ਦਾ ਕੋਈ ਸਬੰਧ ਨਹੀਂ ਬਲਕਿ ਇਹ ਨਿੱਜੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ‘ਚ ਪੀ.ਪੀ.ਪੀ. ਅਤੇ ਸੀ.ਪੀ.ਆਈ. ਵੱਲੋਂ ਕੀਤੇ ਗਠਜੋੜ ਨੇ ਇਸ ਗੱਲ ‘ਤੇ ਮੋਹਰ ਲਗਾ ਦਿੱਤੀ ਹੈ ਜੋ ਅਸੀਂ ਵਿਧਾਨ ਸਭਾ ਚੋਣਾਂ ਮੌਕੇ ਪੀ.ਪੀ.ਪੀ. ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਦੂਸਰੀਆਂ ਪਾਰਟੀਆਂ ਦਾ ਪੰਜਾਬ ‘ਚੋਂ ਵਜ਼ੂਦ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਹੀ ਉਹ ਆਪਣੀ ਸਾਖ਼ ਕਾਇਮ ਰੱਖਣ ਲਈ ਅੱਕੀਂ-ਪਲਾਹੀਂ ਹੱਥ ਮਾਰ ਰਹੇ ਹਨ।

ਚੋਣ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਸ੍ਰ. ਮਜੀਠੀਆ ਨੇ ਦਾਅਵਾ ਕੀਤਾ ਕਿ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਗਠਜੋੜ ਲਈ ਇਹ ਚੋਣਾਂ ਸੈਮੀਫਾਈਨਲ ਹਨ, ਜਦਕਿ ਫਾਈਨਲ ਮੈਚ ਤਾਂ 2014 ‘ਚ ਸਰ ਕੀਤਾ ਜਾਵੇਗਾ। ਉਨ੍ਹਾਂ ਲੋਕ ਸਭਾ ਚੋਣਾਂ ਲਈ ਹੁਣੇ ਕਮਰ ਕੱਸੇ ਕੱਸਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕਰਨ ਲਈ ਪੰਜਾਬ ਸਰਕਾਰ ਦਾ ਸਮਰਥਨ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ‘ਚ ਬਹੁਤਾ ਚਿਰ ਕਾਂਗਰਸ ਪਾਰਟੀ ਦਾ ਰਾਜ ਰਿਹਾ ਹੈ ਜਿਸ ਦੌਰਾਨ ਸੁਬੇ ਦਾ ਵਿਨਾਸ਼ ਹੀ ਹੋਇਆ ਹੈ ਜਦਕਿ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰਾਂ ਮੌਕੇ ਪੰਜਾਬ ਨੇ ਤਰੱਕੀਆਂ ਛੂਹੀਆਂ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਰਹਿਨੁਮਾਈ ਵਿੱਚ ਮਾਨਸਾ ਤੇ ਬਠਿੰਡਾ ਜ਼ਿਲ੍ਹੇ ਦਾ ਵਿਕਾਸ ਬੁਲੰਦੀਆਂ ਵੱਲ ਹੈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਲੜ ਵੀ ਫੜਿਆ।

ਕਾਨਫਰੰਸਾਂ ਨੂੰ ਸੰਬੋਧਨ ਕਰਨ ਵੇਲੇ ਮੁੱਖ-ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬੰਤ ਸਿੰਘ ਦਾਤੇਵਾਸ, ਵਿਧਾਇਕ ਬੁਢਲਾਡਾ ਸ੍ਰ. ਚਤਿੰਨ ਸਿੰਘ ਸਮਾਓ, ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਬਣਾਂਵਾਲੀ, ਸਾਬਕਾ ਵਿਧਾਇਕ ਸ਼੍ਰੀ ਸੁਖਵਿੰਦਰ ਸਿੰਘ ਔਲਖ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬਾਬਾ ਬੂਟਾ ਸਿੰਘ ਗੁੜਥੜੀ, ਗੁਰਪ੍ਰੀਤ ਸਿੰਘ ਝੱਬਰ (ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਯੂਥ ਆਗੂ ਹਰਬੰਸ ਸਿੰਘ ਗੋਲੂ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਬਲਦੇਵ ਸਿੰਘ ਮਾਖਾ, ਦੀਪਇੰਦਰ ਸਿੰਘ ਅਕਲੀਆ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ-ਭਾਜਪਾ ਵਰਕਰ ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਉਮੀਦਵਾਰ ਮੌਜੂਦ ਸਨ।


Like it? Share with your friends!

0

ਰਾਸ਼ਟਰਪਤੀ ਰਾਜ ਦੀ ਪੰਜਾਬ 'ਚ ਨਹੀਂ, ਦਿੱਲੀ 'ਚ ਲੋੜ : ਮਜੀਠੀਆ