ਆਨੰਦਪੁਰ ਸਾਹਿਬ ਦੇ ਜਸ਼ਨਾਂ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਝੋਕੀ


ਚੰਡੀਗੜ੍ਹ, 12 ਜੂਨ (ਏਜੰਸੀ) : ਪੰਜਾਬ ਸਰਕਾਰ ਨੇ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮਨਾਉਣ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਵੱਲੋਂ ਕੀਤੀਆਂ ਵੱਖੋ ਵੱਖਰੀਆਂ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਇਕੱਠ ਵਧਾਉਣ ਲਈ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਬੱਸਾਂ ਮੁਹੱਈਆ ਕਰਾਈਆਂ ਜਾਣ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਹ ਸਮਾਗਮ ਸਰਕਾਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਲਈ ਬੱਸਾਂ ਦੇ ਭਾੜੇ ਦੀ ਅਦਾਇਗੀ ਖ਼ਜ਼ਾਨੇ ਵਿੱਚੋਂ ਕੀਤੀ ਜਾਵੇ। ਰਾਜਸੀ ਹਲਕਿਆਂ ਦਾ ਮੰਨਣਾ ਹੈ ਕਿ ਅਕਾਲੀ ਦਲ ਵੱਲੋਂ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਰੋਹ ਬਹਾਨੇ ਪੰਥਕ ਏਜੰਡੇ ’ਤੇ ਹੀ ਧਿਆਨ ਕੇਂਦਰਤ ਨਹੀਂ ਕੀਤਾ ਜਾ ਰਿਹਾ, ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਪ੍ਰਭਾਵ ਪਾਉਣ ਦਾ ਅਹਿਮ ਮੌਕਾ ਮੰਨਿਆ ਜਾ ਰਿਹਾ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਮਾਗਮ ਲਈ 3 ਹਜ਼ਾਰ ਬੱਸਾਂ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਅੱਜ ਦੀਆਂ ਮੀਟਿੰਗਾਂ ਵਿੱਚ ਅਕਾਲੀ ਦਲ ਦੇ ਵਿਧਾਇਕਾਂ ਨੂੰ ਵੀ ਬੁਲਾਇਆ ਗਿਆ ਸੀ ਤੇ ਪ੍ਰਸ਼ਾਸਨ ਨੂੰ ਸਾਰੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੲੀਆਂ। ਸਰਕਾਰ ਵੱਲੋਂ ਇਸ ਸਮਾਗਮ ਨੂੰ ਖਾਲਸਾ ਪੰਥ ਦੇ 300 ਸਾਲਾ ਸਮਾਗਮ ਦੀ ਤਰਜ਼ ’ਤੇ ਮਨਾ ਕੇ ਸਿਆਸੀ ਲਾਹਾ ਲੈਣ ਦੇ ਯਤਨ ਕੀਤੇ ਜਾ ਰਹੇ ਹਨ।

ਅਕਾਲੀ-ਭਾਜਪਾ ਸਰਕਾਰ ਨੂੰ ਪਿਛਲੇ ਸਮੇਂ ਤੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਭਾਈਵਾਲ ਪਾਰਟੀ ਨਾਲ ਹੀ ਸਬੰਧਾਂ ਵਿੱਚ ਫਰਕ ਨਹੀਂ ਪਿਆ, ਸਗੋਂ ਹੋਰ ਵਿਵਾਦਾਂ ਨੇ ਵੀ ਸਰਕਾਰ ਦੇ ਅਕਸ ਨੂੰ ਢਾਹ ਲਾਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਗੁਰੂ ਸਾਹਿਬਾਨ ਦੇ ਬਸਤਰਾਂ ਤੇ ਸ਼ਸਤਰਾਂ ਨੂੰ ਆਨੰਦਪੁਰ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸਰਕਾਰ ਵੱਲੋਂ ਮੁੱਢਲੇ ਤੌਰ ’ਤੇ ਚਾਰ ਕੁ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਦਰਸ਼ਨ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਬਾਦਲ ਪਰਿਵਾਰ ਦੀ ਮਾਲਕੀ ਵਾਲੀ ਅੌਰਬਿਟ ਬੱਸ ਵਿੱਚ ਮੋਗਾ ਨਜ਼ਦੀਕ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਸਾਰੇ ਪੰਜਾਬ ਵਿੱਚ ਯਾਤਰਾ ਦਾ ਪ੍ਰੋਗਰਾਮ ਉਲੀਕ ਲਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸਮੇਤ ਕੇਂਦਰੀ ੇਤਾਵਾਂ ਨੂੰ ਵੀ ਸਮਾਗਮ ਵਿੱਚ ਸ਼ਾਮਲ ਕਰਨ ਦਾ ਪ੍ਰੋਗਰਾਮ ਬਣਾ ਲਿਆ। ਪ੍ਰਧਾਨ ਮੰਤਰੀ ਦੀ ਸਹਿਮਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਵੱਧ ਤੋਂ ਵੱਧ ਇਕੱਠ ਜੁਟਾਉਣ ਲਈ ਸਰਗਰਮੀ ਨਾਲ ਭੂਮਿਕਾ ਨਿਭਾਈ ਜਾਵੇ। ਸ੍ਰੀ ਮੋਦੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਪਹਿਲੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ। ਇਸ ਲਈ ਸਰਕਾਰ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ।

ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਡੇਢ ਸਾਲ ਦਾ ਸਮਾਂ ਰਹਿ ਗਿਆ ਹੈ। ਹਾਕਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਖ ਵੋਟਾਂ ਨੂੰ ਆਪਣੇ ਨਾਲ ਜੋੜਨ ਲਈ ਅਹਿਮ ਮੌਕਾ ਮੰਨਿਆ ਜਾ ਰਿਹਾ ਹੈ। ਬਾਹਰਲੇ ਰਾਜਾਂ ਦੀਆਂ ਜੇਲ੍ਹਾਂ ਵਿੱਚੋਂ ਸਿੱਖ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਰਣਨੀਤੀ ਨੂੰ ਵੀ ਅਕਾਲੀ ਦਲ ਦੇ ਪੰਥਕ ਏਜੰਡੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ ਸਿੱਖਿਆ ਮੰਤਰੀ ਤੇ ਸਕੱਤਰ ਸ਼੍ਰੋਮਣੀ ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ਨੂੰ ਤਾਇਨਾਤ ਕੀਤਾ। ਮੀਟਿੰਗਾਂ ਦੌਰਾਨ ਡਾ. ਦਲਜੀਤ ਸਿੰਘ ਚੀਮਾ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਅਤੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਦੇ ਸਲਾਹਕਾਰ ਤੀਕਸ਼ਣ ਸੂਦ ਅਤੇ ਸਿਵਲ ਤੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਆਨੰਦਪੁਰ ਸਾਹਿਬ ਦੇ ਜਸ਼ਨਾਂ ਲਈ ਸਮੁੱਚੀ ਸਰਕਾਰੀ ਮਸ਼ੀਨਰੀ ਝੋਕੀ