ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ : ਬਾਦਲ

Parkash-Singh-Badal

ਲੰਬੀ, 23 ਅਗਸਤ (ਏਜੰਸੀ) : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਤੇ ਇਹ ਹਰ ਹਾਲ ਪੰਜਾਬ ਨੂੰ ਹੀ ਮਿਲਣਾ ਚਾਹੀਦਾ ਹੈ। ਚੰਡੀਗੜ੍ਹ ਪੰਜਾਬ ਨੂੰ ਨਾ ਮਿਲਣ ਤੱਕ ਪੰਜਾਬ ਦੇ ਰਾਜਪਾਲ ਨੂੰ ਹੀ ਚੰਡੀਗੜ੍ਹ ਦਾ ਮੁੱਖ ਪ੍ਰਸ਼ਾਸਕ ਬਣੇ ਰਹਿਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਨਰਗਠਨ ਕਾਨੂੰਨ ਮੁਤਾਬਕ ਹਰ ਪਿੱਤਰੀ ਰਾਜ ਦਾ ਉਸ ਦੀ ਰਾਜਧਾਨੀ ’ਤੇ ਹੱਕ ਰਿਹਾ ਹੈ, ਪਰ ਚੰਡੀਗੜ੍ਹ ਪੰਜਾਬ ਨੂੰ ਨਾ ਦੇ ਕੇ ਸੂਬੇ ਨਾਲ ਧੱਕਾ ਕੀਤਾ ਗਿਆ। ਮੁੱਖ ਮੰਤਰੀ ਨੇ ਪਿੰਡ ਫਤਿਹਪੁਰ ਮਨੀਆਂ, ਦਿਓਣ ਖੇੜਾ, ਤੱਪਾ ਖੇੜਾ, ਮਾਹੂਆਣਾ, ਆਧਣੀਆਂ ਅਤੇ ਸਹਿਣਾ ਖੇੜਾ ਵਿੱਚ ਸੰਗਤ ਦਰਸ਼ਨ ਕੀਤੇ। ਸ੍ਰੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਫ਼ਰੰਟ ’ਤੇ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹਨ ਅਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਦਿੱਲੀ ਸਰਕਾਰ ਵੱਲੋਂ ਲਿਆ ਪੰਜਾਬ ਵਿਰੋਧੀ ਸਟੈਂਡ ਇਸ ਗੱਲ ਦਾ ਪ੍ਰਮਾਣ ਹੈ।

ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਵੱਲੋਂ ਸਰਕਾਰੀ ਬੱਸਾਂ ਤੋਂ ਪੰਜਾਬ ਸਰਕਾਰ ਦੇ ਪੋਸਟਰ ਪਾੜੇ ਜਾਣੇ ਨੂੰ ਕਾਂਗਰਸੀ ਆਗੂਆਂ ਦੀ ਬੁਖਲਾਹਟ ਦਾ ਸਿੱਟਾ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਦਾ ਮਾਲਵਾ ਖਿੱਤਾ ਸੇਮ ਤੋਂ ਤਕਰੀਬਨ ਮੁਕਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਦੋਵੇਂ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ। ਕਾਂਗਰਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਕਰਨ ਤੋਂ ਲੈ ਕੇ ਇਸ ਦੀ ਪੁਟਾਈ ਸ਼ੁਰੂ ਕਰਵਾਉਣ ਤੱਕ ਕੰਮ ਕੀਤਾ ਤੇ ‘ਆਪ’ ਇਸ ਨੂੰ ਨੇਪਰੇ ਚਾੜ੍ਹਨਾ ਚਾਹੁੰਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ, ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਗਿੱਲ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੋਆਰਡੀਨੇਟਰ ਅਵਤਾਰ ਸਿੰਘ ਵਣਵਾਲਾ, ਖੇਤੀਬਾੜੀ ਸਹਿਕਾਰੀ ਬੈਂਕ ਪੰਜਾਬ ਦੇ ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ, ਆਦਿ ਮੌਜੂਦ ਸਨ।

Facebook Comments

POST A COMMENT.

Enable Google Transliteration.(To type in English, press Ctrl+g)