ਵਾਅਦੇ ਵੀ ਭੁੱਲੇ, ਵਿਕਾਸ ਵੀ ਭੁੱਲੇ ਕਾਂਗਰਸੀ : ਸੁਖਬੀਰ

sukhbir-singh-badal

ਗੁਰਦਾਸਪੁਰ, 26 ਸਤੰਬਰ (ਏਜੰਸੀ) : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ’ਚ ਅਕਾਲੀ ਦਲ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਅੱਜ ਇਥੇ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਮੂਲੀਅਤ ਕੀਤੇ ਜਾਣ ਨਾਲ ਪ੍ਰਚਾਰ ਸਿਖਰਾਂ ’ਤੇ ਪਹੁੰਚ ਗਿਆ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੈਪਟਨ ਸਰਕਾਰ ਪੰਜਾਬੀਆਂ ਦੀ ਦੋਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਿਆਂ ਦੀ ਪੂਰਤੀ ਤਾਂ ਕੀ ਕਰਨੀ ਸੀ ਸਗੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ।

ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਝੁੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਹੋਣ ਦਾ ਦਾਅਵਾ ਕੀਤਾ। ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਗੁਰਦਾਸਪੁਰ ਉਪ ਚੋਣ ਨੂੰ ਵੱਕਾਰ ਦੀ ਲੜਾਈ ਕਰਾਰ ਦਿੱਤਾ। ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਬਦੌਲਤ ਅੱਜ ਦੇਸ਼ ਨੂੰ ਵਿਸ਼ਵ ਭਰ ਵਿੱਚ ਵਿਸ਼ੇਸ਼ ਰੁਤਬਾ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਹੇਠਲੀ ਪਹਿਲੀ ਸਰਕਾਰ ਹੈ ਜਿਸ ਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਇਕ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਿਆ।

ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਆਪਣੀ ਹਾਰ ਦੀ ਹੈਟ੍ਰਿਕ ਬਣਾਉਣ ਲਈ ਮਾਝੇ ਵਿੱਚ ਆਏ ਹਨ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵੀ ਆਲੋਚਨਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਪ੍ਰਕਾਸ਼ ਝਾਅ, ਸਵਰਨ ਸਲਾਰੀਆ, ਦਿਨੇਸ਼ ਕੁਮਾਰ, ਅਵਿਨਾਸ਼ ਰਾਏ ਖੰਨਾ, ਕਵਿਤਾ ਖੰਨਾ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ ਅਤੇ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਸੰਬੋਧਨ ਕੀਤਾ।

Facebook Comments

POST A COMMENT.

Enable Google Transliteration.(To type in English, press Ctrl+g)