ਜੌਹਲ ‘ਤੇ ਨਹੀਂ ਕੀਤਾ ਜਾ ਰਿਹਾ ਕੋਈ ਤਸ਼ੱਦਦ : ਮੁੱਖ ਮੰਤਰੀ

Captain-Amarinder-Singh

ਐਸ.ਏ.ਐਸ. ਨਗਰ, 22 ਨਵੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬ੍ਰਿਟਿਸ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਵਿਰੁਧ ਜਾਂਚ ਪੜਤਾਲ ਦੌਰਾਨ ਕੋਈ ਤਸ਼ੱਦਦ ਨਹੀਂ ਕਰ ਰਹੀ ਅਤੇ ਇਸ ਸਬੰਧੀ ਬਕਾਇਦਾ ਤੌਰ ‘ਤੇ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਪੰਜਾਬ ਸਰਕਾਰ ਵਲੋਂ ਜਾਣਕਾਰੀ ਦਿਤੀ ਜਾ ਚੁੱਕੀ ਹੈ। ਮੁੱਖ ਮੰਤਰੀ ਬੁਧਵਾਰ ਨੂੰ ਮੁਹਾਲੀ ਵਿਚ ਔਰਤ ਉੱਦਮੀਆਂ ਦੇ ਸੰਮੇਲਨ ਵਿਚ ਹਿੱਸਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਗਤਾਰ ਸਿੰਘ ਜੱਗੀ ਜੌਹਲ ਦੇ ਵਿਰੁਧ ਜੋ ਵੀ ਕਾਰਵਾਈ ਹੋ ਰਹੀ ਹੈ, ਉਹ ਕਾਨੂੰਨ ਅਨੁਸਾਰ ਹੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੋਲ ਜਗਤਾਰ ਸਿੰਘ ਜੌਹਲ ਵਿਰੁਧ ਪੂਰੇ ਸਬੂਤ ਮੌਜੂਦ ਹਨ ਜਿਨ੍ਹਾਂ ਦੇ ਆਧਾਰ ‘ਤੇ ਜੌਹਲ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੱਗੀ ਜੌਹਲ ਦੇ ਮਨੁੱਖੀ ਅਧਿਕਾਰਾਂ ਦਾ ਕੋਈ ਘਾਣ ਨਹੀਂ ਕੀਤਾ ਜਾ ਰਿਹਾ।

ਪੰਜਾਬ ਸਰਕਾਰ ਦੇ ਵਿਰੁਧ ਸੰਘਰਸ਼ ਵਿੱਢ ਕੇ ਬੈਠੀਆਂ ਆਂਗਨਵਾੜੀ ਵਰਕਰਾਂ ਨੂੰ ਰਾਹਤ ਦਿਤੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਰਕਰਾਂ ਨੂੰ ਕੋਈ ਰਾਹਤ ਨਹੀਂ ਦਿਤੀ ਜਾ ਸਕਦੀ ਕਿਉਂਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰੀ ਤੌਰ ‘ਤੇ ਪੱਕੇ ਮੁਲਾਜ਼ਮ ਨਹੀਂ ਬਣਾਇਆ ਜਾ ਸਕਦਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਮਾਮਲੇ ਵਿਚ ਅਕਾਲੀ ਦਲ ਵਲੋਂ ਇਸ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ ਬਾਰੇ ਮੁੱਖ ਮੰਤਰੀ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।

Facebook Comments

POST A COMMENT.

Enable Google Transliteration.(To type in English, press Ctrl+g)