ਮੱਕੜ ਨੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕੰਮ ਸਾਂਭਿਆ

makkar

ਅੰਮ੍ਰਿਤਸਰ, 18 ਨਵੰਬਰ (ਏਜੰਸੀ) : ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਲਗਭਗ ਚਾਰ ਕਰੋੜ 50 ਲੱਖ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਦਿੱਤੀ ਗਈ। ਦੱਸਣਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।

ਸ੍ਰੀ ਸਰਨਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਵੀ ਮੈਂਬਰ ਹਨ। ਇਸ ਚੋਣ ਖ਼ਿਲਾਫ਼ ਪਟਨਾ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੇ ਹੁਣ ਨਵੰਬਰ ਮਹੀਨੇ ਵਿੱਚ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਨਾਲ ਮੁੜ ਜਥੇਦਾਰ ਅਵਤਾਰ ਸਿੰਘ ਮੱਕੜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਮੀਟਿੰਗ ਦੀ ਕਾਰਵਾਈ ਬਾਰੇ ਸ੍ਰੀ ਮੱਕੜ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਬਹੁਸੰਮਤੀ ਨਾਲ ਸ੍ਰੀ ਸਰਨਾ ਵੱਲੋਂ ਕੀਤੇ ਫ਼ੈਸਲਿਆਂ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਅਤੇ ਬਣਾਈ ਕਮੇਟੀ ਵੀ ਭੰਗ ਕਰ ਦਿੱਤੀ ਹੈ।

ਮੀਟਿੰਗ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਵੱਡੇ ਪੱਧਰ ’ਤੇ ਮਨਾਉਣ ਲਈ ਫ਼ੈਸਲਾ ਕੀਤਾ ਗਿਆ ਹੈ, ਜਿਸ ਵਾਸਤੇ ਲਗਭਗ ਚਾਰ ਕਰੋੜ ਪੰਜਾਹ ਲੱਖ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਕਾਸ਼ ਪੁਰਬ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਤੇ ਸੰਗਤ ਲਈ ਦੋ ਟੈਂਟ ਸਿਟੀ ਬਣਾਏ ਜਾਣਗੇ। ਇੱਕ ਟੈਂਟ ਸਿਟੀ ਕੰਗਣ ਘਾਟ ਅਤੇ ਦੂਜਾ ਬਾਈਪਾਸ ਵਿਖੇ ਬਣਾਇਆ ਜਾਵੇਗਾ। ਲੰਗਰ ਦੀ ਸੇਵਾ ਵੱਖ-ਵੱਖ ਸੰਤਾਂ ਅਤੇ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਬਾਬਾ ਮਹਿੰਦਰ ਸਿੰਘ ਇੰਗਲੈਂਡ ਵਾਲੇ, ਬਾਬਾ ਨਿਰਮਲ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਆਦਿ ਸ਼ਾਮਲ ਹਨ।

ਗੁਰਪੁਰਬ ਨੂੰ ਸਮਰਪਿਤ 12 ਤੋਂ 22 ਦਸੰਬਰ ਤੱਕ ਪ੍ਰਭਾਤ ਫੇਰੀਆਂ ਹੋਣਗੀਆਂ। 22 ਦਸੰਬਰ ਨੂੰ ਸਵੇਰੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਸਮਾਗਮ ਅਤੇ ਰਾਤ ਨੂੰ ਦੀਵਾਨ ਹਾਲ ਵਿਖੇ ਕਵੀ ਦਰਬਾਰ ਹੋਵੇਗਾ। ਇਸ ਦੌਰਾਨ ਰਾਸ਼ਟਰਪਤੀ ਦੇ ਪੁੱਜਣ ਦੀ ਵੀ ਉਮੀਦ ਹੈ। 24 ਦਸੰਬਰ ਨੂੰ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ। 25 ਦਸੰਬਰ ਨੂੰ ਗੁਰਪੁਰਬ ਵਾਲੇ ਦਿਨ ਮੁੱਖ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਅਤੇ ਪੰਜਾਬ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਹੋਰ ਪਤਵੰਤੇ ਪੁੱਜਣਗੇ।

Facebook Comments

POST A COMMENT.

Enable Google Transliteration.(To type in English, press Ctrl+g)