ਬੁਢਾਪਾ ਪੈਨਸ਼ਨ ‘ਚ ਢਿੱਲ ‘ਤੇ ਮੁੱਖ ਮੰਤਰੀ ਹੋਏ ਸਖ਼ਤ

Captain-Amarinder-Singh

ਚੰਡੀਗੜ੍ਹ, 23 ਜਨਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਕਾਇਆ ਪਈ ਬੁਢਾਪਾ ਪੈਨਸ਼ਨ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲਾਭਪਾਤਰੀਆਂ ਨੂੰ ਨਿਯਮਤ ਭੁਗਤਾਨ ਦੀਆਂ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਔਰਤਾਂ ਤੇ ਬਾਲ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਇਕ ਮੀਟਿੰਗ ਦੌਰਾਨ ਇਹ ਹਦਾਇਤਾਂ ਜਾਰੀ ਕੀਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਮਾਰਚ ਤੋਂ ਭੁਗਤਾਨ ਦੀ ਪ੍ਰਕਿਰਿਆ ਨਿਯਮਤ ਹੋ ਜਾਵੇਗੀ। ਉਨ੍ਹਾਂ 31 ਜਨਵਰੀ ਤਕ ਦਸੰਬਰ ਤਕ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੈਨਸ਼ਨਾਂ ਦੇ ਬਕਾਏ ਦੇ ਸਬੰਧ ਵਿੱਚ ਹਰ ਮਹੀਨੇ 110 ਕਰੋੜ ਰੁਪਏ ਦੀ ਦੇਣਦਾਰੀ ਦਾ ਸਰਕਾਰ ‘ਤੇ ਬੋਝ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਪੈਨਸ਼ਨਾਂ ਦੇ ਬਕਾਏ ਜਾਰੀ ਕਰਨ ਦੀ ਸ਼ੁਰੂਆਤ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਜਲਦੀ ਤੋਂ ਜਲਦੀ ਗ਼ੈਰ-ਹਾਜ਼ਰ ਲਾਭਪਾਤਰੀਆਂ ਦੇ ਮਾਮਲੇ ਹੱਲ ਕਰਨ ਦੇ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਸਾਰੇ ਯੋਗ ਵਿਅਕਤੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਵੇਲੇ ਇਨ੍ਹਾਂ ਲਾਭਪਾਤਰੀਆਂ ਦੀ ਗਿਣਤੀ 16, 24,269 ਹੈ ਜਦਕਿ ਪਹਿਲਾਂ 19,87,196 ਸੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ 93,521 (4.71 ਫ਼ੀ ਸਦੀ) ਮਾਮਲੇ ਅਯੋਗ ਪਾਏ ਗਏ ਜਦਕਿ 1,96,478 ਹੋਰ ਮਾਮਲੇ ਗ਼ੈਰ-ਹਾਜ਼ਰ ਮਾਮਲਿਆਂ ‘ਚ ਸ਼ਾਮਲ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਯੋਗਤਾ ਮਾਪਦੰਡ ਪੂਰੇ ਨਹੀਂ ਕੀਤੇ ਗਏ ਉਹ ਅਯੋਗ ਮਾਮਲੇ ਹਨ। ਮੀਟਿੰਗ ਦੌਰਾਨ ਇਲੈਕਟ੍ਰੋਨਿਕ ਬੈਨੇਫਿਟ ਟ੍ਰਾਂਸਫਰ ਸਕੀਮ ਨੂੰ ਵੀ ਲਾਗੂ ਕਰਨ ਦੇ ਪ੍ਰਸਤਾਵ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਲਾਭਪਾਤਰੀਆਂ ਨੂੰ ਸਮੇਂ ਸਿਰ ਅਤੇ ਬਿਨਾ ਕਿਸੇ ਅੜਿੱਚਨ ਤੋਂ ਪੈਨਸ਼ਨ ਦਾ ਭੁਗਤਾਨ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਮਹੱਤਵਪੂਰਨ ਫੈਸਲੇ ਦੌਰਾਨ ਲੜਕੀਆਂ ਨੂੰ ਵੰਡੇ ਜਾਣ ਵਾਲੇ ਸਾਇਕਲਾਂ ਬਾਰੇ ਰੰਗ ਸਣੇ ਹੋਰ ਤਾਜ਼ਾ ਵੇਰਵੇ ਪ੍ਰਾਪਤ ਕਰਨ ਲਈ ਆਖਿਆ ਅਤੇ ਇਨ੍ਹਾਂ ਨੂੰ ਮੁੱਖ ਮੰਤਰੀ ਦੀ ਫੋਟੋ ਰਹਿਤ ਰੱਖਣ ਲਈ ਨਿਰਦੇਸ਼ ਦਿੱਤੇ ਹਨ ਜਦਕਿ ਇਸ ਤੋਂ ਪਹਿਲਾਂ ਇਹ ਸਾਇਕਲ ਨੀਲੇ ਅਤੇ ਭਗਵੇਂ ਰੰਗ ਦੇ ਮੁੱਖ ਮੰਤਰੀ ਦੇ ਫ਼ੋਟੋ ਵਾਲੇ ਵੰਡਣ ਦਾ ਅਮਲ ਸੀ। ਮੀਟਿੰਗ ਦੌਰਾਨ ਸਾਰੇ ਵਿਭਾਗਾਂ ਵਿੱਚ ਅਪੰਗ ਵਿਅਕਤੀਆਂ ਦੀਆਂ ਖਾਲੀ ਪਈਆਂ ਗਰੁੱਪ ਏ, ਬੀ, ਸੀ ਅਤੇ ਡੀ ਅਸਾਮੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਵਿਭਾਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 899 ਅਸਾਮੀਆਂ ਵਿੱਚੋਂ 287 ਅਸਾਮੀਆਂ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਬਾਕੀ ਅਸਾਮੀਆਂ 30 ਅਪ੍ਰੈਲ ਤੱਕ ਪੁਰ ਕਰਨ ਦੇ ਹੁਕਮ ਜਾਰੀ ਕੀਤੇ।

Facebook Comments

POST A COMMENT.

Enable Google Transliteration.(To type in English, press Ctrl+g)