ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ


ਚੰਡੀਗੜ੍ਹ, 20 ਜਨਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਡੂੰਘੇ ਆਰਥਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮਿਸਾਲ ਪੇਸ਼ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤਕ ਕਰਜ਼ਾ ਮਾਫ਼ ਕੀਤਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਨੇ ਇਕ ਲੱਖ ਰੁਪਏ ਤਕ, ਰਾਜਸਥਾਨ ਨੇ 50 ਹਜ਼ਾਰ ਤਕ, ਮੱਧ ਪ੍ਰਦੇਸ਼ ਨੇ ਇਕ ਲੱਖ ਰੁਪਏ ਤਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤਕ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕੀਤਾ ਹੈ ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਂਗਰਸ ਪਾਰਟੀ ਵਲੋਂ ਕਿਸਾਨ ਭਾਈਚਾਰੇ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਅਪਣੀ ਪੂਰੀ ਵਾਹ ਲਾ ਦਿਤੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁੱਝ ਕਿਸਾਨ ਯੂਨੀਅਨਾਂ ਪਾਸੋਂ ਗੁਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਅਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮਾਫ਼ੀ ਦੇ ਮੁੱਦੇ ‘ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਅਕਾਲੀਆਂ ਪਾਸੋਂ ਖ਼ਾਲੀ ਖ਼ਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਪਿੱਛੇ ਖਿੱਚ ਲਏ ਜਿਸ ਕਰ ਕੇ ਇਨ੍ਹਾਂ ਪ੍ਰਸਥਿਤੀਆਂ ਵਿਚ ਕਿਸਾਨਾਂ ਨੂੰ ਸਕੀਮ ਦੇ ਘੇਰੇ ‘ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮਾਫ਼ੀ ਦੇਣੀ ਸੰਭਵ ਨਹੀਂ ਹੈ।

ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰ੍ਹਾਂ ਮਾਫ਼ ਕਰਨ ਨੂੰ ਅਮਲ ਵਿਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿਚ ਜੁਟੀ ਹੋਈ ਹੈ ਤਾਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਲਿਆਂਦਾ ਜਾ ਸਕੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ