ਕੈਪਟਨ ਨੇ ਟਰੂਡੋ ਕੋਲ ਉਠਾਈ ਵੱਖਵਾਦੀ ਤੇ ਕੱਟੜਪੰਥੀਆਂ ਖਿਲਾਫ ਆਵਾਜ਼


ਅੰਮ੍ਰਿਤਸਰ, 21 ਫ਼ਰਵਰੀ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਲ ਵੱਖਵਾਦੀ ਤੇ ਕੱਟੜਪੰਥੀਆਂ ਖਿਲਾਫ ਆਵਾਜ਼ ਚੁੱਕੀ। ਟਰੂਡੋ ਨੇ ਕੈਪਟਨ ਨੂੰ ਭਰੋਸਾ ਦੁਆਇਆ ਕਿ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵੱਖਵਾਦੀ ਲਹਿਰ ਨੂੰ ਉਨ੍ਹਾਂ ਦੇ ਦੇਸ਼ ਵੱਲੋਂ ਸਮਰਥਨ ਨਹੀਂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਵੇਂ ਭਾਰਤੀ ਸੰਵਿਧਾਨ ਵਿੱਚ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਹੈ ਪਰ ਹਿੰਸਾ ਦਾ ਪ੍ਰਚਾਰ ਕਰਨ ਵਾਲੇ ਵੱਖਵਾਦੀ ਤੇ ਕੱਟੜਪੰਥੀ ਲੋਕਾਂ ਨੇ ਆਪਣੀਆਂ ਕਾਰਵਾਈਆਂ ਕਰਕੇ ਇਹ ਹੱਕ ਗੁਆ ਦਿੱਤਾ ਸੀ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵੱਖਰੇ ਸਿੱਖ ਰਾਜ ਦੇ ਮੁੱਦੇ ‘ਤੇ ਚੋਣਾਂ ਲੜ ਰਹੇ ਲੋਕਾਂ ਨੇ ਆਪਣੀ ਜ਼ਮਾਨਤ ਵੀ ਗੁਆ ਦਿੱਤੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਊਬੈਕ ਵਿੱਚ ਵੱਖਵਾਦੀ ਲਹਿਰ ਦਾ ਹਵਾਲਾ ਦਿੰਦੇ ਹੋਏ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਿਆ ਹੈ ਤੇ ਇਨ੍ਹਾਂ ਨੂੰ ਖਤਮ ਕਰ ਦਿੱਤਾ ਹੈ। ਦੋਵਾਂ ਆਗੂਆਂ ਵਿਚਕਾਰ 40 ਮਿੰਟ ਦੀ ਮੀਟਿੰਗ ਦੌਰਾਨ ਕੈਪਟਨ ਨੇ ਕੈਨੇਡਾ ਵਿੱਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਟਰੂਡੋ ਨੂੰ ਸੌਂਪੀ। ਕੈਪਟਨ ਨੇ ਕਿਹਾ ਕਿ ਇਹ ਅੱਤਵਾਦੀ ਕਾਰਵਾਈਆਂ ਲਈ ਵਿੱਤ ਤੇ ਹਥਿਆਰਾਂ ਦੀ ਸਪਲਾਈ ਨਾਲ ਫਿਰਕੂ ਤੱਤਾਂ ਦੀ ਮਦਦ ਕਰ ਰਹੇ ਹਨ। ਇਹ ਇੱਥੋਂ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ।

ਇਸ ਮੀਟਿੰਗ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਜਿਨ੍ਹਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿੱਚ ਮਿੱਥ ਕੇ ਹੱਤਿਆ ਕਰਨ ਵਿੱਚ ਇੰਡੋ-ਕੈਨੇਡੀਅਨ ਦੇ ਸ਼ਾਮਲ ਹੋਣ ਦਾ ਮੁੱਦਾ ਉਠਾਇਆ ਤੇ ਉਨ੍ਹਾਂ ਨੇ ਇਸ ਸਬੰਧੀ ਇਨ੍ਹਾਂ ਤੱਤਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕੁਝ ਲੋਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਕੁਰੀਤੀ ਨਾਲ ਹਮੇਸ਼ਾ ਹੀ ਸਖ਼ਤੀ ਨਾਲ ਪੇਸ਼ ਆਇਆ ਜਾਂਦਾ ਹੈ। ਅਜਿਹੇ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਲੋਕਾਂ ਲਈ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੈਪਟਨ ਨੇ ਟਰੂਡੋ ਕੋਲ ਉਠਾਈ ਵੱਖਵਾਦੀ ਤੇ ਕੱਟੜਪੰਥੀਆਂ ਖਿਲਾਫ ਆਵਾਜ਼