ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ


ਨਵੀਂ ਦਿੱਲੀ, 18 ਅਕਤੂਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦਾ ਪਾੜੇ ਦੇ ਨਿਪਟਾਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਲਈ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਪਰਾਲੀ ਸਾੜਣ ਦੀ ਸਮੱਸਿਆ ਦੀ ਰੋਕਥਾਮ ਲਈ ਕਿਸਾਨਾਂ ਨੂੰ ਫਸਲ ‘ਤੇ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਵਾਸਤੇ ਪ੍ਰਧਾਨ ਮੰਤਰੀ ‘ਤੇ ਜ਼ੋਰ ਪਾਇਆ। ਮੁੱਖ ਮੰਤਰੀ ਨੇ ਕਿਹਾ ਮੋਦੀ ਨੇ ਕਿਸਾਨਾਂ ਦੀ ਸਮੱਸਿਆ ਪ੍ਰਤੀ ਹਮਦਰਦੀ ਪ੍ਰਗਟਾਈ। ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਦੱਸਿਆ ਕਿ ਵਾਢੀ ਦੀ ਰੁੱਤ ਖਤਮ ਹੋਣ ‘ਤੇ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਪਰਾਲੀ ਸਾੜਣ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਅਖਤਿਆਰ ਕਰ ਸਕਦੀ ਹੈ ਜਿਸ ਕਰਕੇ ਇਸ ਨੂੰ ਫੌਰੀ ਹੱਲ ਕਰਨ ਦੀ ਲੋੜ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਯੂ.ਟੀ. ਚੰਡੀਗੜ੍ਹ ਵਿੱਚ ਅਧਿਕਾਰੀਆਂ ਦੀ ਨਿਯੁਕਤੀ ਸਬੰਧੀ 60:40 ਦੇ ਅਨੁਪਾਤ ਨਾਲ ਛੇੜਛਾੜ ਨਾ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ। ਇਹ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਹਫ਼ਤੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਤੇ ਪੰਜਾਬ ਦਰਮਿਆਨ ਅਧਿਕਾਰੀਆਂ ਦੀ ਤਾਇਨਾਤ ਅਤੇ ਹੋਰ ਵਸੀਲਿਆਂ ਬਾਰੇ ਸਤੰਲੁਨ ‘ਚ ਵਿਘਨ ਪਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ‘ਤੇ ਸਖ਼ਤ ਰੋਸ ਪ੍ਰਗਟਾਇਆ ਸੀ ਕਿਉਂ ਜੋ ਲੰਮੀ ਘਾਲਣਾ ਘਾਲ ਕੇ ਇਸ ਨੂੰ ਹਾਸਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਮੀਟਿੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ ‘ਤੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦੇ ਪਾੜੇ ਦੇ ਨਿਪਟਾਰੇ ਲਈ ਕੇਂਦਰ ਵਿੱਤ ਮੰਤਰਾਲੇ ਨੂੰ ਗੌਰ ਕਰਨ ਲਈ ਆਖਿਆ ਜਾਵੇ। ਪੰਜਾਬ ਦੇ ਫੂਡ ਕੈਸ਼ ਕਰੈਡਿਟ ਅਕਾਊਂਟ ਵਿੱਚ ਪਾੜੇ ਨੂੰ ਮੁੜ ਨਿਪਟਾਰੇ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਇਸ ਮਸਲੇ ਨੂੰ ਮੁਲਕ ਲਈ ਅਨਾਜ ਖਰੀਦਣ ਵਿੱਚ ਸ਼ਾਮਲ ਧਿਰਾਂ ਦਰਮਿਆਨ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ ‘ਤੇ ਸੁਲਝਾਉਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਇਆ ਕਿ ਇਹ ਮਾਮਲਾ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੀ ਅੰਦਰੂਨੀ ਰਿਪੋਰਟ ਜਿਸ ਨੂੰ ਪੀ.ਕੇ. ਝਾਅ ਕਮੇਟੀ ਦੀ ਰਿਪੋਰਟ ਦੇ ਤੌਰ ‘ਤੇ ਜਾਣਿਆ ਜਾਂਦਾ ਹੈ, ਵਿੱਚ ਵੀ ਇਸ ਮਾਮਲੇ ਨੂੰ ਵਿਸਥਾਰ ਵਿੱਚ ਵਿਚਾਰਿਆ ਗਿਆ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 31,000 ਕਰੋੜ ਦੀ ਰਕਮ ਨੂੰ ਲੰਮੀ ਮਿਆਦ ਵਾਲੇ ਕਰਜ਼ੇ ਵਿੱਚ ਤਬਦੀਲ ਕਰਨ ਦੇ ਫੈਸਲੇ ‘ਤੇ ਮੁੜ ਗੌਰ ਕਰਨ ਲਈ ਵਿੱਤ ਮੰਤਰਾਲੇ ਨੂੰ ਨਸੀਹਤ ਦਿੱਤੀ ਜਾਵੇ ਕਿਉਂਕਿ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ ਮੁਤਾਬਕ ਇਸ ਨੂੰ ਸਿਰਫ ਪੰਜਾਬ ਦੇ ਸਿਰ ਨਹੀਂ ਮੜਿਆ ਜਾ ਸਕਦਾ।ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਫਰਾਖ਼ਦਿਲੀ ਨਾਲ ਸਹਾਇਤਾ ਪੈਕੇਜ ਮੁਹੱਈਆ ਕਰਵਾਉਣ ਵਾਲੇ ਮੌਕਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ‘ਤੇ ਮਨਾਉਣ ਲਈ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਸ੍ਰੀ ਮੋਦੀ ਨੂੰ ਉਨ੍ਹਾਂ ਵੱਲੋਂ ਦਿੱਤਾ ਭਰੋਸਾ ਯਾਦ ਕਰਵਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਦੀਆਂ ਢੁਕਵੀਂਆਂ ਤਿਆਰੀਆਂ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਅਤੇ ਇਸ ਸਾਲ ਜੂਨ ਵਿੱਚ ਕਾਇਮ ਕੀਤੀ ਕੌਮੀ ਕਾਰਜ ਕਮੇਟੀ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਕੇ ਹਾਲ ਹੀ ਵਿੱਚ ਸੂਬੇ ਅੰਦਰ ਭਾਰੀ ਮੀਂਹ ਕਾਰਨ ਆਏ ਹੜ੍ਹ•ਾਂ ਸਦਕਾ ਹੋਏ ਨੁਕਸਾਨ ਲਈ 800 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣ ਦੀ ਮੰਗ ਕੀਤੀ ਜਾ ਚੁੱਕੀ ਹੈ।

ਆਪਣੇ ਇਸ ਪੱਤਰ ਰਾਹੀਂ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਲੰਘੀ 22 ਤੋਂ 24 ਸਤੰਬਰ ਦਰਮਿਆਨ ਹੋਈ ਮੋਹਲੇਧਾਰ ਵਰਖਾ ਕਾਰਨ ਸੂਬੇ ਅੰਦਰ ਆਮ-ਜਨਜੀਵਨ, ਫਸਲਾਂ, ਜਾਇਦਾਦ ਅਤੇ ਵੱਖ-ਵੱਖ ਥਾਵਾਂ ‘ਤੇ ਬੁਨਿਆਦੀ ਢਾਂਚੇ ਨੂੰ ਕਾਫੀ ਜ਼ਿਆਦਾ ਨੁਕਸਾਨ ਪੁੱਜਾ ਹੈ। ਮੁੱਖ ਮੰਤਰੀ ਅਨੁਸਾਰ ਸੂਬੇ ਅੰਦਰ ਫਸਲਾਂ ਨੂੰ ਅੰਦਾਜ਼ਨ 150 ਕਰੋੜ ਰੁਪਏ ਦਾ ਨੁਕਸਾਨ ਪੁੱਜਾ ਜਦੋਂਕਿ ਸੜਕੀ ਨੈਟਵਰਕ ਨੂੰ 119.32 ਕਰੋੜ ਰੁਪਏ ਦਾ ਅਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਅਤੇ ਸਿੰਚਾਈ ਵਿਵਸਥਾ ਨੂੰ ਵੀ 516.51 ਕਰੋੜ ਰੁਪਏ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸੂਬੇ ਅੰਦਰ ਵਸੋਂ, ਪਸ਼ੂਧਨ ਅਤੇ ਨਿੱਜੀ ਰਿਹਾਇਸ਼ਾਂ ਦਾ 5.11 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ। ਉਨ੍ਹ•ਾਂ ਨੇ ਕੇਂਦਰ ਸਰਕਾਰ ਪਾਸੋਂ ਇਸ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਤਾਂ ਜੋ ਇਸ ਕੁਦਰਤੀ ਆਫਤ ਨਾਲ ਪੈਦਾ ਹੋਏ ਹਾਲਾਤ ਤੋਂ ਸੂਬੇ ਨੂੰ ਉਭਾਰਿਆ ਜਾ ਸਕੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ