ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ : ਕੈਪਟਨ


ਐਸ.ਏ.ਐਸ. ਨਗਰ (ਮੁਹਾਲੀ) 2 ਅਕਤੂਬਰ (ਏਜੰਸੀ) : ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਯੂਟੀ ਕਾਮਨ ਕਾਡਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਅਤੇ ਹੁਣ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਉਨ੍ਹਾਂ ਦੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿਹਾ ਕਿ 1966 ਵਿੱਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿੱਚ ੁਣ ਨਵੇਂ ਸਿਰਿਓਂ ਕਿਸੇ ਕਿਸਮ ਦਾ ਫੇਰ ਬਦਲ ਨਹੀਂ ਹੋਣ ਦਿੱਤਾ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਿੱਟ ਦੀ ਮੁਕੰਮਲ ਜਾਂਚ ਰਿਪੋਰਟ ਤੋਂ ਬਾਅਦ ਹੀ ਜ਼ਿੰਮੇਵਾਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਬੇਅਦਬੀ ਕੇਸਾਂ ਸਬੰਧੀ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਸਮਰੱਥਾ ’ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਸਿੱਟ ’ਤੇ ਕਿਸੇ ਕਿਸਮ ਦਾ ਦਬਾਅ ਨਹੀਂ ਪਾਇਆ ਜਾਵੇਗਾ। ਉਨ੍ਹਾਂ ਭਾਰਤ ਤੋਂ ਬਾਹਰ ਰਹਿੰਦੇ ਲੋਕਾਂ ਵੱਲੋਂ ਪੰਜਾਬ ਵਿੱਚ ਗੜਬੜ ਫੈਲਾਉਣ ਦੇ ਯਤਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਬੁਰੇ ਇਰਾਦਿਆਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕਰ ਸਕਦਾ ਅਤੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਪੰਜਾਬ ਵਿੱਚ ਅਸਥਿਰਤਾ ਫੈਲਾਉਣ ਲਈ ਵਿਦੇਸ਼ ਤੋਂ ਕੁਝ ਸਿਆਸੀ ਪਾਰਟੀਆਂ ਵੱਲੋਂ ਭੇਜੇ ਫੰਡਾਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਵਿਦੇਸ਼ਾਂ ਤੋਂ ਆਏ ਫੰਡਾਂ ਦੇ ਸਰੋਤਾਂ ਦੀ ਵੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ਼ਸੀਆਈ) ਨੂੰ ਬੇਨਤੀ ਕੀਤੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 149ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਘਰ-ਘਰ ਰੁਜ਼ਗਾਰ ਸਕੀਮ ਹੇਠ 31 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਇਲਾਵਾ 23 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਚੈੱਕ ਅਤੇ ਆਸ਼ੀਰਵਾਦ ਸਕੀਮ ਹੇਠ 5 ਲਾਭਪਾਤਰੀਆਂ ਨੂੰ ਵਿੱਤੀ ਗਰਾਂਟ ਦੇ ਚੈੱਕ ਦਿੱਤੇ ਗਏ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ : ਕੈਪਟਨ