ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ ’ਚੋਂ ਛੁੱਟੀ


ਚੰਡੀਗੜ੍ਹ, 3 ਨਵੰਬਰ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਖੁੱਲ੍ਹੇਆਮ ਬਗ਼ਾਵਤ ਕਰਨ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਮਾਝੇ ਦੇ ਤਿੰਨ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਜਥੇਦਾਰ ਸੇਖਵਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਖੁੱਲ੍ਹੇਆਮ ਬਗ਼ਾਵਤ ਦਾ ਝੰਡਾ ਚੁੱਕਿਆ ਹੋਇਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸੰਕਟ ਦਾ ਸ਼ਿਕਾਰ ਅਕਾਲੀ ਦਲ ਵੱਲੋਂ ਬਗ਼ਾਵਤ ਦੀ ਸੁਲਗ ਰਹੀ ਅੱਗ ਸ਼ਾਂਤ ਕਰਨ ਲਈ ਬਾਗ਼ੀ ਨੇਤਾਵਾਂ ਨੂੰ ਕੱਢਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੁੂਆਤ ਅੱਜ ਸੇਵਾ ਸਿੰੰਘ ਸੇਖਵਾਂ ਤੋਂ ਕੀਤੀ ਗਈ। ਜਥੇਦਾਰ ਸੇਖਵਾਂ ਨੇ ਅੱਜ ਦਿਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਲਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਥੇਦਾਰ ਸੇਖਵਾਂ ਦੀ ਇਸ ਕਾਰਵਾਈ ਤੋਂ ਬਾਅਦ ਤੁਰੰਤ ਅਨੁਸ਼ਾਸਨੀ ਕਾਰਵਾਈ ਦਾ ਐਲਾਨ ਕਰ ਦਿੱਤਾ ਗਿਆ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਥੇਦਾਰ ਸੇਖਵਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਨੂੰ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਹਾਰ ਚੁੱਕੇ ਸੇਖਵਾਂ ਨੇ ਮੌਕਾਪ੍ਰਸਤ ਵਾਂਗ ਵਿਵਹਾਰ ਕੀਤਾ ਹੈ ਅਤੇ ਉਹ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਪੀਆਂ ਜ਼ਿੰਮੇਵਾਰੀਆਂ ਦੇ ਬਾਵਜੂਦ ਉਸ ਨੇ ਪਾਰਟੀ ਪ੍ਰਤੀ ਨਾਸ਼ੁਕਰਗੁਜ਼ਾਰੀ ਵਿਖਾਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਮਾਝੇ ਨਾਲ ਹੀ ਸਬੰਧਤ ਤਿੰਨ ਹੋਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ ਪਰ ਅਕਾਲੀ ਦਲ ਵੱਲੋਂ ਇਨ੍ਹਾਂ ਆਗੂਆਂ ਖਿਲਾਫ਼ ਕਾਰਵਾਈ ਕਰਨ ਤੋਂ ਹਾਲ ਦੀ ਘੜੀ ਗੁਰੇਜ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਨਾਲ ਬਗ਼ਾਵਤ ਦੀ ਹਵਾ ਦਾ ਰੁਖ਼ ਦੇਖਣ ਤੋਂ ਬਾਅਦ ਹੀ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਬ੍ਰਹਮਪੁਰਾ ਵੱਲੋਂ ਭਲਕੇ 4 ਨਵੰਬਰ ਨੂੰ ਸ਼ਕਤੀ ਪ੍ਰਦਰਸ਼ਨ ਕੀਤਾ ਜਾਣਾ ਹੈ।

ਅਕਾਲੀ ਦਲ ਵੱਲੋਂ ਮਾਝੇ ਦੇ ਇਸ ਜਰਨੈਲ ਦਾ ਸ਼ਕਤੀ ਪ੍ਰਦਰਸ਼ਨ ਦੇਖ ਕੇ ਬਾਗ਼ੀ ਅਕਾਲੀਆਂ ਖਿਲਾਫ਼ ਕਾਰਵਾਈ ਦੀ ਰਣਨੀਤੀ ਅਖਤਿਆਰ ਕੀਤੀ ਜਾਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ 29 ਸਤੰਬਰ ਨੂੰ ਦਿੱਤੇ ਅਸਤੀਫੇ ਤੋਂ ਬਾਅਦ ਬਗ਼ਾਵਤ ਦੀ ਅੱਗ ਸੁਲਗ਼ਣ ਲੱਗ ਗਈ ਸੀ ਤੇ ਇਸ ਕਤਾਰ ਵਿਚ ਮਾਝੇ ਦੇ ਆਗੂ ਵੀ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਬਾਗ਼ੀ ਅਕਾਲੀਆਂ ਵੱਲੋਂ ਬਾਦਲ ਪਰਿਵਾਰ ’ਤੇ ਹਮਲਾ ਉਸ ਸਮੇਂ ਕੀਤਾ ਜਾਂਦਾ ਹੈ ਜਦੋਂ ਅਕਾਲੀ ਦਲ ਵੱਲੋਂ ਸਿਆਸੀ ਤੌਰ ’ਤੇ ਉਖੜੇ ਪੈਰ ਲਾਉਣ ਲਈ ਕੋਈ ਪ੍ਰੋਗਰਾਮ ਐਲਾਨਿਆ ਹੁੰਦਾ ਹੈ। ਜਥੇਦਾਰ ਸੇਖਵਾਂ ਵੱਲੋਂ ਅੱਜ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਿਆਂ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ’84 ਦੇ ਦੰਗਿਆਂ ਦੇ ਮੁੱਦੇ ’ਤੇ ਕਾਂਗਰਸ ਖਿਲਾਫ਼ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀ ਢੀਂਡਸਾ ਵੱਲੋਂ ਵੀ ਅਸਤੀਫਾ ਪਟਿਆਲਾ ਦੀ ਵੱਕਾਰੀ ਰੈਲੀ ਤੋਂ ਕੁੱਝ ਦਿਨ ਪਹਿਲਾਂ ਦਿੱਤਾ ਗਿਆ ਸੀ। ਜਥੇਦਾਰ ਬ੍ਰਹਮਪੁਰਾ ਨੇ ਵੀ ਅਸਤੀਫਾ ਦੇਣ ਦਾ ਐਲਾਨ ਉਸ ਸਮੇਂ ਕੀਤਾ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਮੰਗ ਕਰਨ ਲਈ ਜ਼ੋਰ-ਅਜ਼ਮਾਈ ਕਰਨ ਪਹੁੰਚੇ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ ’ਚੋਂ ਛੁੱਟੀ