ਪਾਕਿਸਤਾਨ ਦਾ ਦਾਅਵਾ: ਦੋ ਭਾਰਤੀ ਲੜਾਕੂ ਜਹਾਜ਼ ਸੁੱਟੇ, ਪਾਇਲਟ ਗ੍ਰਿਫ਼ਤਾਰ

ਚੰਡੀਗੜ੍ਹ 27 ਫ਼ਰਵਰੀ (ਏਜੰਸੀ) : ਪਾਕਿਸਤਾਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੇ ਆਪਣੇ ਹਵਾਈ ਖੇਤਰ ਵਿੱਚ ਦੋ ਭਾਰਤੀ ਲੜਾਕੂ ਜਹਾਜ਼ਾਂ ਨੂੰ ਸੁੱਟਿਆ ਹੈ ਤੇ ਪਾਇਲਟ ਵੀ ਗ੍ਰਿਫ਼ਤਾਰ ਕੀਤੇ ਹਨ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਬਾਰੇ ਕੋਈ ਸਪਸ਼ਟੀਕਰਨ ਨਹੀਂ ਆਇਆ। ਰੱਖਿਆ ਸੂਤਰਾਂ ਨੇ ਦੱਸਿਆ ਹੈ ਕਿ ਪਾਕਿਸਤਾਨ ਦੀ ਘੁਸਪੈਠ ਵਿੱਚ ਭਾਰਤੀ ਹਵਾਈ ਫੌਜ ਦੇ ਜਹਾਜ਼ਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਪਾਕਿਸਤਾਨੀ ਫੌਜ ਨੇ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਅੱਖਾਂ ‘ਤੇ ਪੱਟੀ ਬੰਨ੍ਹੀਂ ਵਿਅਕਤੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਵਿਅਕਤੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਹਨ। ਵੀਡੀਓ ਵਿੱਚ ਵਿਅਕਤੀ ਖ਼ੁਦ ਕਹਿ ਰਿਹਾ ਹੈ ਕਿ ਉਹ ਭਾਰਤੀ ਹਵਾਈ ਫੌਜ ਦਾ ਅਧਿਕਾਰੀ ਹੈ। ਉਸ ਨੇ ਆਪਣਾ ਸਰਵਿਸ ਨੰਬਰ 27981 ਵੀ ਦੱਸਿਆ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ।

ਪਾਕਿਸਤਾਨੀ ਫੌਜ ਦੇ ਬੁਲਾਰਾ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਇਲਟ ਜ਼ਖ਼ਮੀ ਹੈ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਇੱਕ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਦਕਿ ਦੂਜਾ ਜੰਮੂ ਕਸ਼ਮੀਰ ਵਿੱਚ ਡਿੱਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਬਾਅਦ ਭਾਰਤੀ ਹਵਾਈ ਫੌਜ ਨੇ ਜੰਮੂ ਖੇਤਰ ਦੇ ਰਜੌਰੀ ਇਲਾਕੇ ਵਿੱਚ ਪਾਕਿਸਤਾਨ ਦੀ ਹਵਾਈ ਫੌਜ ਦਾ ਇੱਕ ਐਫ-16 ਲੜਾਕੂ ਜਹਾਜ਼ ਸੁੱਟਿਆ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਜਹਾਜ਼ ਨੂੰ ਰਜੌਰੀ ਦੇ ਝਾਨਗੜ ਇਲਾਕੇ ਵਿੱਚ ਸੁੱਟਿਆ ਗਿਆ।

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਮਿੱਗ-21 ਤੇ ਹੈਲੀਕਾਪਟਰ ਐਮਆਈ-17 ਦੇ ਕ੍ਰੈਸ਼ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ। ਮਿੱਗ-21 ਨੇ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਤੇ ਬਡਗਾਮ ਕੋਲ ਧਮਾਕੇ ਨਾਲ ਜਹਾਜ਼ ਕ੍ਰੈਸ਼ ਹੋ ਗਿਆ।ਹਾਲੇ ਤਕ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਤੇ ਫ਼ੌਜ ਇਸ ਮਾਮਲੇ ‘ਤੇ ਸਥਿਤੀ ਸਾਫ ਨਹੀਂ ਕਰ ਰਹੇ। ਬਡਗਾਮ ਦੇ ਐਸਐਪੀ ਨੇ ਇੰਨਾ ਜ਼ਰੂਰ ਕਿਹਾ ਕਿ ਫ਼ੌਜ ਦੇ ਕੁਝ ਜਹਾਜ਼ ਡਿੱਗੇ ਹਨ, ਪਰ ਕੋਈ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਲਾਸ਼ੀ ਜਾਰੀ ਹੈ। ਉੱਧਰ, ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹੇ ਵਿੱਚ ਪਾਕਿ ਲੜਾਕੂ ਜਹਾਜ਼ਾਂ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਦੀ ਖ਼ਬਰ ਵੀ ਮਿਲੀ ਸੀ। ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦਾ ਐਫ-16 ਜਹਾਜ਼ ਡੇਗੇ ਜਾਣ ਦੀ ਵੀ ਸੂਚਨਾ ਹੈ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਸਲਾਹਕਾਰ ਨਾਲ ਉੱਚ ਪੱਧਰੀ ਬੈਠਕ ਵੀ ਕੀਤੀ ਹੈ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)