ਪੰਜਾਬ ਸਰਕਾਰ ਵੱਲੋਂ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ 2140 ਕੇਸ ਦਰਜ


ਚੰਡੀਗੜ, 21 ਫ਼ਰਵਰੀ (ਏਜੰਸੀ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ। ਇਹ ਖੁਲਾਸਾ ਅੱਜ ਇੱਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਕੀਤਾ। ਇਨ੍ਹਾਂ 2140 ਮਾਮਲਿਆਂ ਵਿੱਚੋਂ ਆਈ.ਪੀ.ਸੀ. ਦੀ ਧਾਰਾ 420 ਤਹਿਤ 1107 ਕੇਸ, ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2014 ਤਹਿਤ 528 ਅਤੇ ਇਮੀਗ੍ਰੇਸ਼ਨ ਐਕਟ-1983 ਤਹਿਤ 505 ਕੇਸ ਦਰਜ ਕੀਤੇ ਗਏ ਹਨ। ਸ੍ਰੀ ਬ੍ਰਹਮ ਮਹਿੰਦਰਾ ਨੇ ਸਦਨ ਨੂੰ ਦੱਸਿਆ ਕਿ ਹਾਲ ਹੀ ਵਿੱਚ ਕਪੂਰਥਲਾ ਜ਼ਿਲ•ੇ ਦੇ ਚਾਰ ਨੌਜਵਾਨਾਂ ਜਿਨ•ਾਂ ਨੂੰ ਧੋਖਾਧੜੀ ਨਾਲ ਟਰੈਵਲ ਏਜੰਟਾਂ ਦੇ ਇਕ ਗਰੁੱਪ ਨੇ ਆਰਮੀਨੀਆ ਭੇਜ ਦਿੱਤਾ ਸੀ, ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਦੇ ਤਹਿਤ ਤਿੰਨ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਟਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਲੁਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਹ ਸਾਰੇ ਪੀੜਤ ਨੌਜਵਾਨ ਅਰਮੀਨੀਆ ਤੋਂ 9 ਫਰਵਰੀ ਨੂੰ ਸੁਰੱਖਿਅਤ ਆਪਣੇ ਘਰ ਪਹੁੰਚ ਗਏ ਹਨ। ਗੈਰ-ਕਾਨੂੰਨੀ ਏਜੰਟਾਂ ਦੇ ਹੱਥੋਂ ਸੂਬੇ ਦੇ ਨੌਜਵਾਨਾਂ ਦੇ ਹੁੰਦੇ ਸ਼ੋਸ਼ਣ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਪ੍ਰਗਟਾਉਂਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਇਕ ਨਿਗਮ ਦਾ ਗਠਨ ਛੇਤੀ ਹੀ ਕੀਤਾ ਜਾਵੇਗਾ ਜਿਸ ਦੀਆਂ ਸੇਵਾ ਸ਼ਰਤਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ•ਾਂ ਅੱਗੇ ਦੱਸਿਆ ਕਿ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਅਤੇ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਸਰਕਾਰ ਵੱਲੋਂ ਲਿਆਂਦੇ ਗਏ ਹਨ ਜਿਸ ਦੇ ਨਿਯਮ ਸਰਕਾਰ ਵੱਲੋਂ ਤਿਆਰ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਦੇ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸਾਰੇ ਸੀਨੀਅਰ ਅਤੇ ਸਿਵਲ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਅਜਿਹੇ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਟਰੈਵਲ ਏਜੰਟਾਂ ਸਬੰਧੀ ਲਾਇਸੈਂਸ ਅਤੇ ਕਾਰਜ ਕਰਨ ਬਾਰੇ ਕਾਨੂੰਨੀ ਵਿਧੀ ਵਿਧਾਨ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਨ•ਾਂ ਕਦਮਾਂ ਵਿੱਚ ਪੰਜਾਬ ਪੁਲਿਸ ਵੱਲੋਂ ਵਿਦਿਅਕ ਸੈਮੀਨਾਰ ਰਾਹੀਂ ਪ੍ਰਚਾਰ ਮੁਹਿੰਮ ਚਲਾਈ ਗਈ ਹੈ ਜਿੱਥੇ ਆਮ ਲੋਕਾਂ ਖਾਸ ਤੌਰ ‘ਤੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਟਰੈਵਲ ਏਜੰਟਾਂ ਦੀ ਗਤਿਵਿਧੀਆਂ ਬਾਰੇ ਜਾਣੂੰ ਕਰਵਾਇਆ ਜਾਂਦਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਗੈਰ-ਕਾਨੂੰਨੀ ਤੱਤਾਂ ਤੋਂ ਗੁੰਮਰਾਹ ਹੋਏ ਲੋੜਵੰਦ ਨੌਜਵਾਨਾਂ ਦੀ ਸਹਾਇਤਾ ਲਈ ਕਾਇਮ ਕੀਤੀ 181 ਹੈਲਪਲਾਈਨ ਦੀ ਵੀ 24 ਘੰਟੇ ਨਿਗਰਾਨੀ ਰੱਖੀ ਜਾਂਦੀ ਹੈ। ਇਸ ਤੋਂ ਇਲਾਵਾ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਲਈ ਜਨਤਕ ਮੀਟਿੰਗਾਂ ਰਾਹੀਂ ਵੱਡੀ ਪੱਧਰ ਪ੍ਰਚਾਰ ਕਰਨ ਵਾਸਤੇ ਪੰਜਾਬ ਪੁਲਿਸ ਦੇ ‘ਸਾਂਝ’ ਪ੍ਰਾਜੈਕਟ ਤਹਿਤ ਵੱਖ-ਵੱਖ ਵਿਦਿਅਕ ਸੈਮੀਨਾਰ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਉੱਥੇ ਜਾਣ ਤੋਂ ਪਹਿਲਾਂ ਲੋੜੀਂਦੀ ਸਿਖਲਾਈ ਲਈ ਜਾਣਕਾਰੀ ਭਰਪੂਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪੰਜਾਬ ਸਰਕਾਰ ਵੱਲੋਂ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ 2140 ਕੇਸ ਦਰਜ