ਰਿਆਇਤਾਂ ਤੇ ਸੌਗਾਤਾਂ ਵਾਲਾ ਚੋਣ ਬਜਟ

ਨਵੀਂ ਦਿੱਲੀ, 1 ਫਰਵਰੀ (ਏਜੰਸੀ) : ਆਮ ਚੋਣਾਂ ਤੋਂ ਪਹਿਲਾਂ ਆਖਰੀ ਬਜਟ ’ਚ ਲੋਕ ਲੁਭਾਊ ਯੋਜਨਾਵਾਂ ਪੇਸ਼ ਕਰਦਿਆਂ ਨਰਿੰਦਰ ਮੋਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ 5 ਲੱਖ ਰੁਪਏ ਤਕ ਦੀ ਕਮਾਈ ’ਤੇ ਆਮਦਨ ਕਰ ਛੋਟ ਦੀ ਵੱਡੀ ਰਾਹਤ ਦਿੱਤੀ। ਇਸ ਦੇ ਨਾਲ ਛੋਟੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਨਕਦ ਅਤੇ ਅਸੰਗਠਿਤ ਖੇਤਰ ਦੇ ਕਾਮਿਆਂ ਨੂੰ ਤਿੰਨ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ ਦੇ ਐਲਾਨ ਵੀ ਕੀਤੇ। ਮੰਨਿਆ ਜਾ ਰਿਹਾ ਸੀ ਕਿ ਇਹ ਅੰਤਰਿਮ ਬਜਟ ਜਾਂ ਵੋਟ ਆਨ ਅਕਾਊਂਟ (ਸਰਕਾਰ ਚਲਾਉਣ ਲਈ ਕੁਝ ਮਹੀਨਿਆਂ ਦਾ ਖ਼ਰਚਾ) ਹੈ ਪਰ ਲੋਕ ਸਭਾ ’ਚ ਤਕਰੀਬਨ ਪੂਰਾ ਬਜਟ ਹੀ ਪੇਸ਼ ਕੀਤਾ ਗਿਆ। ਸ੍ਰੀ ਅਰੁਣ ਜੇਤਲੀ ਦੇ ਇਲਾਜ ਲਈ ਨਿਊਯਾਰਕ ’ਚ ਹੋਣ ਕਰਕੇ ਅੰਤਰਿਮ ਵਿੱਤ ਮੰਤਰੀ ਬਣਾਏ ਗਏ ਪਿਯੂਸ਼ ਗੋਇਲ ਨੇ ਮੱਧ ਵਰਗ ਅਤੇ ਕਿਸਾਨਾਂ ਲਈ ਕਈ ਰਾਹਤਾਂ ਦੀ ਤਜਵੀਜ਼ ਪੇਸ਼ ਕੀਤੀ ਜਿਨ੍ਹਾਂ ਦੀ ਨਾਰਾਜ਼ਗੀ ਸਹੇੜਨ ਕਰਕੇ ਭਾਜਪਾ ਨੂੰ ਹੁਣੇ ਜਿਹੇ ਹੋਈਆਂ ਵਿਧਾਨ ਸਭਾ ਚੋਣਾਂ ’ਚ ਖ਼ਮਿਆਜ਼ਾ ਭੁਗਤਨਾ ਪਿਆ ਸੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਅੰਤਰਿਮ ਬਜਟ ਨਹੀਂ ਸਗੋਂ ਇਹ ਦੇਸ਼ ਦੀ ਵਿਕਾਸ ਯਾਤਰਾ ਦਾ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਭਾਰਤ ਦੇ ਵਾਧੇ ਅਤੇ ਵਿਕਾਸ ਦੀ ਨੀਂਹ ਰੱਖ ਦਿੱਤੀ ਹੈ ਅਤੇ ਭਾਰਤ ਅਗਲੇ ਪੰਜ ਸਾਲਾਂ ’ਚ 5 ਖ਼ਰਬ ਡਾਲਰ ਦਾ ਅਰਥਚਾਰਾ ਬਣਨ ਵੱਲ ਵੱਧ ਰਿਹਾ ਹੈ।

ਸ੍ਰੀ ਗੋਇਲ ਵੱਲੋਂ ਪੰਜ ਲੱਖ ਤਕ ਦੀ ਕੁੱਲ ਆਮਦਨ ’ਤੇ ਦਿੱਤੀ ਗਈ ਰਾਹਤ ਨਾਲ ਤਿੰਨ ਕਰੋੜ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ, ਸਵੈ ਰੁਜ਼ਗਾਰ ਅਤੇ ਛੋਟੇ ਕਾਰੋਬਾਰੀਆਂ ਦੇ ਸਾਲਾਨਾ ਆਮਦਨ ਕਰ ’ਚ 10,900 ਰੁਪਏ ਦੀ ਬੱਚਤ ਹੋਵੇਗੀ। ਜਿਹੜੇ ਵਿਅਕਤੀ ਟੈਕਸ ਬਚਾਉਣ ਲਈ ਡੇਢ ਲੱਖ ਰੁਪਏ ਦਾ ਨਿਵੇਸ਼ ਕਰਨਗੇ, ਉਨ੍ਹਾਂ ਦੀ ਸਾਢੇ ਛੇ ਲੱਖ ਰੁਪਏ ਦੀ ਆਮਦਨ ਟੈਕਸ ਮੁਕਤ ਹੋਵੇਗੀ। ਇਸ ਛੋਟ ਨਾਲ ਸਰਕਾਰ ਦੇ ਮਾਲੀਏ ’ਤੇ 18500 ਕਰੋੜ ਰੁਪਏ ਦਾ ਬੋਝ ਪਏਗਾ। ਮੱਧ ਵਰਗ ਲਈ ਆਮਦਨ ਕਰ ’ਚ ਰਾਹਤ ਛੋਟ (ਰਿਬੇਟ) ਦੇ ਰੂਪ ’ਚ ਆਈ ਹੈ। ਰਿਬੇਟ ਆਮ ਛੋਟ ਨਾਲੋਂ ਵੱਖ ਹੁੰਦੀ ਹੈ ਜਿਸ ਦਾ ਅਰਥ ਹੈ ਕਿ 5 ਲੱਖ ਰੁਪਏ ਤਕ ਦੀ ਆਮਦਨ ’ਤੇ ਸਾਰਿਆਂ ਨੂੰ ਟੈਕਸ ਤੋਂ ਛੋਟ ਮਿਲੇਗੀ ਅਤੇ ਇਸ ਤੋਂ ਵੱਧ ਆਮਦਨ ’ਤੇ ਹੀ ਟੈਕਸ ਲੱਗੇਗਾ। ਪੰਜ ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਕਮਾਈ ਕਰਨ ਵਾਲਿਆਂ ਨੂੰ ਮੌਜੂਦਾ ਦਰਾਂ ’ਤੇ ਟੈਕਸ ਅਦਾ ਕਰਨਾ ਪਏਗਾ। ਢਾਈ ਲੱਖ ਰੁਪਏ ’ਤੇ ਕੋਈ ਟੈਕਸ ਨਹੀਂ ਲੱਗੇਗਾ। ਢਾਈ ਤੋਂ ਪੰਜ ਲੱਖ ਰੁਪਏ ਦੀ ਆਮਦਨ ’ਤੇ ਪੰਜ ਫ਼ੀਸਦੀ, ਪੰਜ ਲੱਖ ਤੋਂ 10 ਲੱਖ ਰੁਪਏ ਦੀ ਆਮਦਨ ’ਤੇ 20 ਫ਼ੀਸਦੀ ਅਤੇ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ’ਤੇ 30 ਫ਼ੀਸਦੀ ਟੈਕਸ ਅਦਾ ਕਰਨਾ ਪਏਗਾ।
ਉਨ੍ਹਾਂ ਸਾਢੇ ਸੱਤ ਲੱਖ ਤੋਂ 20 ਲੱਖ ਰੁਪਏ ਦੀ ਆਮਦਨ ’ਤੇ 10 ਤੋਂ 50 ਹਜ਼ਾਰ ਰੁਪਏ ਦੀ ਟੈਕਸ ਰਾਹਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨਾਲ ਦੋ ਤੋਂ ਤਿੰਨ ਹਜ਼ਾਰ ਰੁਪਏ ਦੀ ਬੱਚਤ ਹੋਵੇਗੀ। ਉਧਰ ਬੈਂਕਾਂ ਅਤੇ ਡਾਕਖਾਨਿਆਂ ’ਚ ਜਮਾਂ ਕਰਾਈ ਗਈ ਰਕਮ ’ਤੇ 40 ਹਜ਼ਾਰ ਰੁਪਏ ਤਕ ਦਾ ਵਿਆਜ ਮਿਲਣ ’ਤੇ ਕੋਈ ਟੀਡੀਐਸ ਨਹੀਂ ਕੱਟੇਗਾ। ਇਸ ਤੋਂ ਪਹਿਲਾਂ 10 ਹਜ਼ਾਰ ਰੁਪਏ ਤੋਂ ਵੱਧ ਵਿਆਜ ਮਿਲਣ ’ਤੇ ਟੈਕਸ ਲਗਦਾ ਸੀ।

ਅੰਤਰਿਮ ਬਜਟ ’ਚ ਟੈਕਸ ਤਜਵੀਜ਼ਾਂ ਸ਼ਾਮਲ ਕਰਨ ਨੂੰ ਜਾਇਜ਼ ਠਹਿਰਾਉਂਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਰਵਾਇਤ ਮੁਤਾਬਕ ਮੁੱਖ ਟੈਕਸ ਤਜਵੀਜ਼ਾਂ ਆਮ ਬਜਟ ਦੌਰਾਨ ਹੀ ਪੇਸ਼ ਕੀਤੀਆਂ ਜਾਣਗੀਆਂ ਪਰ ਛੋਟੇ ਕਰਦਾਤਾਵਾਂ ਖਾਸ ਕਰਕੇ ਮੱਧ ਵਰਗ, ਤਨਖ਼ਾਹਦਾਰਾਂ, ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੇ ਮਨਾਂ ’ਚ ਉਨ੍ਹਾਂ ਵੱਲੋਂ ਅਦਾ ਕੀਤੇ ਜਾਣ ਵਾਲੇ ਟੈਕਸਾਂ ਬਾਰੇ ਸਾਲ ਦੇ ਸ਼ੁਰੂ ’ਚ ਖ਼ਦਸ਼ਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਤਜਵੀਜ਼ਾਂ ਬਾਰੇ ਖਾਸ ਵਰਗਾਂ ਨੂੰ ਉਡੀਕ ਨਹੀਂ ਕਰਨੀ ਚਾਹੀਦੀ ਹੈ। ਸ੍ਰੀ ਗੋਇਲ ਨੇ 12 ਕਰੋੜ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੇ ਬੈਂਕ ਖ਼ਾਤਿਆਂ ’ਚ ਸਾਲ ’ਚ ਤਿੰਨ ਕਿਸ਼ਤਾਂ ਰਾਹੀਂ ਛੇ ਹਜ਼ਾਰ ਰੁਪਏ ਪਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਸਰਕਾਰ ’ਤੇ 75 ਹਜ਼ਾਰ ਕਰੋੜ ਰੁਪਏ ਸਾਲਾਨਾ ਦਾ ਬੋਝ ਪਏਗਾ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤਹਿਤ 2 ਹੈਕਟੇਅਰ ਜ਼ਮੀਨ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਨੂੰ ਲਾਭ ਹੋਵੇਗਾ। ਉਂਜ ਵਿੱਤ ਮੰਤਰੀ ਨੇ ਕਿਹਾ ਕਿ ਯੋਜਨਾ ਮੌਜੂਦਾ ਵਿੱਤੀ ਵਰ੍ਹੇ ਤੋਂ ਲਾਗੂ ਕੀਤੀ ਜਾਵੇਗੀ ਪਰ ਲਾਭਪਾਤਰੀਆਂ ਦੀ ਸ਼ਨਾਖ਼ਤ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਗੈਰਜਥੇਬੰਦ ਖੇਤਰ ਦੇ ਕਾਮਿਆਂ ਲਈ ਮੈਗਾ ਪੈਨਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ 60 ਸਾਲ ਪੂਰੇ ਹੋਣ ’ਤੇ ਉਨ੍ਹਾਂ ਨੂੰ ਤਿੰਨ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਮਿਲੇਗੀ। ਸਕੀਮ ਦਾ ਲਾਭ ਲੈਣ ਲਈ ਇਨ੍ਹਾਂ ਕਾਮਿਆਂ ਨੂੰ ਹਰ ਮਹੀਨੇ 100 ਰੁਪਏ ਜਮਾਂ ਕਰਾਉਣੇ ਪੈਣਗੇ।

ਕਿਸਾਨਾਂ ਨੂੰ ਰਾਹਤ ਦੇਣ ਦੀ ਯੋਜਨਾ ਨਾਲ ਸਰਕਾਰ ਦਾ ਵਿੱਤੀ ਘਾਟਾ ਟੀਚਾ 3.3 ਫ਼ੀਸਦੀ ਅਤੇ ਅਗਲੇ ਸਾਲ ਇਹ 3.1 ਫ਼ੀਸਦੀ ’ਤੇ ਪਹੁੰਚ ਜਾਵੇਗਾ। ਦੋਵੇਂ ਸਾਲਾਂ ਲਈ ਵਿੱਤੀ ਘਾਟਾ ਜੀਡੀਪੀ ਦਾ 3.4 ਫ਼ੀਸਦੀ ਰੱਖਿਆ ਗਿਆ ਹੈ। ਕਿਸਾਨਾਂ ਨੂੰ ਭਰਮਾਉਣ ਲਈ ਪਸ਼ੂਪਾਲਣ, ਮੱਛੀ ਪਾਲਣ ਅਤੇ ਕੁਦਰਤੀ ਆਫ਼ਤਾਂ ਦੇ ਮਾਰੇ ਕਿਸਾਨਾਂ ਨੂੰ 2 ਫ਼ੀਸਦੀ ਵਿਆਜ ’ਤੇ ਕਰਜ਼ੇ ਦਿੱਤੇ ਜਾਣਗੇ। ਕਰਜ਼ਿਆਂ ਦੀ ਸਮੇਂ ਸਿਰ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ ਵਾਧੂ ਤਿੰਨ ਫ਼ੀਸਦੀ ਕਰਜ਼ਾ ਮਿਲੇਗਾ। ਹਾਊਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੂਜੇ ਘਰ ਦੀ ਖ਼ਰੀਦ ’ਤੇ ਟੈਕਸ ਨਾ ਲਗਣ ਦਾ ਐਲਾਨ ਕੀਤਾ। ਇਸ ਦੇ ਨਾਲ ਕਿਰਾਏ ’ਤੇ ਟੀਡੀਐਸ 1.8 ਲੱਖ ਰੁਪਏ ਤੋਂ ਵਧਾ ਕੇ 2.4 ਲੱਖ ਰੁਪਏ ਕਰ ਦਿੱਤਾ ਹੈ। ਅਚੱਲ ਜਾਇਦਾਦ ਦੀ ਵਿਕਰੀ ਤੋਂ ਮਿਲੇ 2 ਕਰੋੜ ਰੁਪਏ ਤਕ ਦੇ ਦੋ ਰਿਹਾਇਸ਼ੀ ਘਰਾਂ ’ਤੇ ਨਿਵੇਸ਼ ਨਾਲ ਕੋਈ ਟੈਕਸ ਨਹੀਂ ਲੱਗੇਗਾ। ਰੱਖਿਆ ਬਜਟ ’ਚ ਸੱਤ ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਜੋ ਹੁਣ 3 ਲੱਖ ਕਰੋੜ ਤੋਂ ਵੱਧ ਹੋ ਗਿਆ ਹੈ। ਭਾਰਤੀ ਰਿਜ਼ਰਵ ਬੈਂਕ ਅਤੇ ਹੋਰ ਬੈਂਕਾਂ ਤੋਂ ਲਾਭ 82,900 ਕਰੋੜ ਰੁਪਏ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)