ਮੇਘਾਲਿਆ ਸੀ ਐਮ ਨੇ ਹਰਸਿਮਰਤ ਬਾਦਲ ਦੀ ਅਗਵਾਈ ਵਾਲੇ ਸਿੱਖ ਵਫ਼ਦ ਨੂੰ ਦਿੱਤਾ ਭਰੋਸਾ

ਨਵੀਂ ਦਿੱਲੀ, 16 ਜੂਨ (ਏਜੰਸੀ) : ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਮੁਲਾਕਾਤ ਕੀਤੀ ਹੈ।

ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਪਾਲ ਸਿੰਘ ਜੱਲ੍ਹਾ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ਼ਿਲਾਂਗ ਦੇ ਸਿੱਖ ਆਗੂ ਗੁਰਜੀਤ ਸਿੰਘ ਤੇ ਬੀਬੀ ਰਣਜੀਤ ਕੌਰ ਆਦਿ ਮੌਜੂਦ ਸਨ। ਇਸ ਤੋਂ ਇਲਾਵਾ ਬੈਠਕ ਵਿਚ ਮੇਘਾਲਿਆ ਸਰਕਾਰ ਦੇ ਕੁਝ ਮੰਤਰੀ ਵੀ ਹਾਜ਼ਰ ਰਹੇ।

ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਸੰਗਮਾ ਨਾਲ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਸਿਲਾਂਗ ਦੇ ਸਿੱਖਾਂ ਦੀਆਂ ਮੌਜੂਦਾ ਸਮੱਸਿਆਵਾਂ ਹੱਲ ਕਰਨ ਦਾ ਮਾਮਲਾ ਚੁੱਕਿਆ ਗਿਆ।

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਮੀਡੀਆ ਸ. ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਫ਼ਦ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 200 ਸਾਲ ਤੋਂ ਵੱਸ ਰਹੇ ਸਿੱਖਾਂ ’ਤੇ ਉਜਾੜੇ ਦੀ ਤਲਵਾਰ ਕਾਰਨ ਉਹ ਸਹਿਮ ਵਿਚ ਹਨ, ਜਿਸ ਦਾ ਸੰਜੀਦਗੀ ਨਾਲ ਹੱਲ ਕਰਨਾ ਸਰਕਾਰ ਦੀ ਜ਼ੁੰਮੇਵਾਰੀ ਹੈ। ਇਸ ਦੌਰਾਨ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਸੰਗਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਵੱਸਦੇ ਹਰ ਵਰਗ ਦੇ ਲੋਕਾਂ ਦੇ ਜਾਨ-ਮਾਲ ਦੀ ਰੱਖਵਾਲੀ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਇਕ ਵਫ਼ਦ ਸ਼ਿਲਾਂਗ ਵਿਖੇ ਵੀ ਭੇਜਿਆ ਗਿਆ ਸੀ ਜਿਸ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ।

One thought on “ਮੇਘਾਲਿਆ ਸੀ ਐਮ ਨੇ ਹਰਸਿਮਰਤ ਬਾਦਲ ਦੀ ਅਗਵਾਈ ਵਾਲੇ ਸਿੱਖ ਵਫ਼ਦ ਨੂੰ ਦਿੱਤਾ ਭਰੋਸਾ”

Leave a Reply

Your email address will not be published. Required fields are marked *

Enable Google Transliteration.(To type in English, press Ctrl+g)